ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 12 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਵਿਚ ਪੈਂਦੇ ਸਿਤਾਰਗੰਜ ਇਲਾਕੇ ’ਚ ਸਥਿਤ ਗੁਰਦੁਆਰਾ ਗੁਰੂ ਨਾਨਕ ਪੁਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਿੱਖੀ ਜੀਵਨ ਦਾ ਅਧਾਰ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਲੋਕ ਗੁਰਬਾਣੀ ਦੀ ਬੇਅਦਬੀ ਕਰਕੇ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕਰਨ ਦੀ ਕੋਝੀ ਹਰਕਤ ਕਰਦੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਿਥੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਜ਼ਰੂਰੀ ਨਿਗਰਾਨੀ ਕਰਨ ਲਈ ਆਖਿਆ, ਉਥੇ ਹੀ ਉਤਰਾਖੰਡ ਦੇ ਪੁਲਿਸ ਪ੍ਰਸ਼ਾਸਨ ਨੂੰ ਜ਼ਿਲ੍ਹਾ ਊਧਮ ਸਿੰਘ ਨਗਰ ਵਿਖੇ ਵਾਪਰੀ ਘਟਨਾ ਦੇ ਦੋਸ਼ੀਆਂ ਪਾਸੋਂ ਸਖ਼ਤੀ ਨਾਲ ਪੁਛਗਿਛ ਕਰਕੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਸਾਹਮਣੇ ਲਈ ਵੀ ਕਿਹਾ।
Comments (0)