ਬਹਿਬਲ ਕਲਾਂ ਸਾਕੇ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ: ਕੁਦਰਤੀ ਜਾਂ ਕਤਲ?

ਬਹਿਬਲ ਕਲਾਂ ਸਾਕੇ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ: ਕੁਦਰਤੀ ਜਾਂ ਕਤਲ?

ਚੰਡੀਗੜ੍ਹ: ਬਹਿਬਲ ਕਲਾਂ ਸਾਕੇ ਦੇ ਇਕ ਅਹਿਮ ਗਵਾਹ ਸੁਰਜੀਤ ਸਿੰਘ ਦੀ ਮੌਤ ਪੰਜਾਬ ਦੀ ਸਿਆਸਤ ਵਿਚ ਵੱਡਾ ਮੁੱਦਾ ਬਣਦੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ਨੂੰ ਪ੍ਰਭਾਵਤ ਕਰਨ ਵਾਲੇ ਵੱਡੇ ਮਾਮਲੇ ਦੇ ਅਹਿਮ ਗਵਾਹ ਸੁਰਜੀਤ ਸਿੰਘ ਦੀ ਮੌਤ ਸਬੰਧੀ ਹੁਣ ਇਹ ਵੀ ਖਦਸ਼ਾ ਬਣਾ ਗਿਆ ਹੈ ਕਿ ਉਸਦੀ ਮੌਤ ਕੁਦਰਤੀ ਹੈ ਜਾਂ ਇਹ ਇਕ ਤਰ੍ਹਾਂ ਦਾ ਕਤਲ ਹੈ। ਇਸ ਚਰਚਾ ਨੂੰ ਇਸ ਮਾਮਲੇ ਦੀ ਜਾਂਚ ਕਰਨ ਵਾਲੇ ਜੱਜ ਰਣਜੀਤ ਸਿੰਘ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਨੇ ਹੋਰ ਹਵਾ ਦੇ ਦਿੱਤੀ ਹੈ। ਇਸ ਚਿੱਠੀ ਵਿਚ ਉਹਨਾਂ ਕਿਹਾ ਹੈ ਕਿ ਸੁਰਜੀਤ ਸਿੰਘ ਦੀ ਮੌਤ ਲਈ ਪੰਜਾਬ ਸਰਕਾਰ ਵੀ ਜ਼ਿੰਮੇਵਾਰ ਹੈ।  

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵਲੋਂ ਬਹਿਬਲ ਕਲਾਂ ਸਾਕੇ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਪੱਤਰ ਵਿਚ ਬੇਅਦਬੀ ਕਾਂਡ ਦੇ ਕਈ ਵਰਕੇ ਫਰੋਲਦਿਆਂ ਦਾਅਵਾ ਕੀਤਾ ਹੈ ਕਿ ਸੁਰਜੀਤ ਸਿੰਘ ਦੀ ਸੁਰੱਖਿਆ ਦਾ ਮੁੱਦਾ ਸੂਬੇ ਦੇ ਡੀਜੀਪੀ ਅਤੇ ਹੋਰਨਾਂ ਅਧਿਕਾਰੀਆਂ ਕੋਲ ਚੁੱਕਿਆ ਗਿਆ ਸੀ ਪਰ ਅਫਸੋਸ ਕਿਸੇ ਵੀ ਅਫਸਰ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਧਿਆਨ ਨਹੀਂ ਦਿੱਤਾ। ਕਮਿਸ਼ਨ ਵੱਲੋਂ ਸਬੰਧਤ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਹਨਾਂ ਲਿਖਿਆ ਕਿ ਐੱਸਐੱਸਪੀ ਫ਼ਰੀਦਕੋਟ ਨੂੰ ਤਾਂ ਨਿੱਜੀ ਤੌਰ ’ਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ ਸੀ। 

ਉਹਨਾਂ ਕਿਹਾ ਕਿ ਮ੍ਰਿਤਕ ਬੇਅਦਬੀ ਨਾਲ ਜੁੜੇ ਗੋਲੀ ਕਾਂਡ ਦਾ ਅਹਿਮ ਗਵਾਹ ਸੀ ਅਤੇ ਗਵਾਹਾਂ ਨੂੰ ਸੁਰੱਖਿਆ ਦੇਣੀ ਰਾਜ ਪ੍ਰਬੰਧ ਦੀ ਜ਼ਿੰਮੇਵਾਰੀ ਬਣਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਸੇਵਾ ਮੁਕਤ ਜੱਜ ਨੇ ਮੁੱਖ ਮੰਤਰੀ ਨੂੰ ਲਿਖੀ ਚਾਰ ਸਫਿਆਂ ਦੀ ਚਿੱਠੀ ਰਾਹੀਂ ਇੱਥੋਂ ਤੱਕ ਕਹਿ ਦਿੱਤਾ ਕਿ ਉਹ ਮ੍ਰਿਤਕ ਨੂੰ ਇਨਸਾਫ਼ ਦੇਣ ’ਚ ਫੇਲ੍ਹ ਹੋਏ ਹਨ। ਉਹਨਾਂ ਕਿਹਾ, ‘‘ਇਸ ਲਈ ਕਿਹਾ ਜਾ ਸਕਦਾ ਹੈ ਕਿ ਸੁਰਜੀਤ ਸਿੰਘ ਨੂੰ ਇਨਸਾਫ਼ ਨਾ ਮਿਲਣ ਅਤੇ ਉਸ ਦੀ ਮੌਤ ਲਈ ਅਸੀਂ ਸਾਰੇ ਹੀ ਜ਼ਿੰਮੇਵਾਰ ਹਾਂ।’’ 

ਉਹਨਾਂ ਇਸ ਚਿੱਠੀ ਰਾਹੀਂ ਇਹ ਵੀ ਕਿਹਾ ਹੈ ਕਿ ਸੁਰਜੀਤ ਸਿੰਘ ਨੇ ਉਹਨਾਂ ਨਾਲ ਮੁਲਾਕਾਤ ਕਰ ਕੇ ਹਾਲਾਤ ਤੋਂ ਜਾਣੂ ਕਰਾਇਆ ਸੀ, ਜਿਸ ’ਤੇ ਉਹਨਾਂ ਨੇ ਫ਼ਰੀਦਕੋਟ ਦੇ ਐੱਸਐੱਸਪੀ ਨੂੰ ਅਹਿਮ ਗਵਾਹ ਦੇ ਗਿਲੇ-ਸ਼ਿਕਵੇ ਸੁਣਨ ਅਤੇ ਉਹਨਾਂ ਦਾ ਹੱਲ ਕਰਨ ਲਈ ਕਿਹਾ ਸੀ। ਉਹਨਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਕੋਈ ਦਲੀਲ-ਅਪੀਲ ਨਾ ਸੁਣੇ ਜਾਣ ਕਾਰਨ ਉਹ (ਸੁਰਜੀਤ ਸਿੰਘ) ਇੱਕ ਤੋਂ ਵੱਧ ਵਾਰ ਉਹਨਾਂ ਨੂੰ ਮਿਲਣ ਆਇਆ। ਇੱਥੋਂ ਤੱਕ ਕਿ ਸਰਕਾਰੀ ਅਫਸਰਾਂ ਵੱਲੋਂ ਸ਼ਿਕਾਇਤ ਨਾ ਸੁਣੇ ਜਾਣ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਮਸ਼ਵਰਾ ਵੀ ਦਿੱਤਾ ਗਿਆ ਸੀ। ਕਾਨੂੰਨੀ ਮਦਦ ਵੀ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਨੇ ਮੁਲਾਕਾਤ ਕਰਕੇ ਖ਼ੁਲਾਸਾ ਕੀਤਾ ਹੈ ਕਿ ਸੁਰਜੀਤ ਸਿੰਘ ਦੀ ਮੌਤ ਕੁਦਰਤੀ ਨਹੀਂ ਬਲਕਿ ਪ੍ਰਭਾਵਸ਼ਾਲੀ ਬੰਦਿਆਂ ਅਤੇ ਖਾਸ ਕਰ ਕੇ ਪੁਲੀਸ ਵੱਲੋਂ ਲਗਾਤਾਰ ਪਾਏ ਜਾਂਦੇ ਦਬਾਅ ਕਾਰਨ ਹੋਈ ਹੈ।

ਦੱਸਣਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੂੰ ਬਰਗਾੜੀ ਬੇਅਦਬੀ ਕਾਂਡ ਅਤੇ ਇਸ ਕਾਂਡ ਨਾਲ ਜੁੜੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਲਈ ਬਣਾਏ ਕਮਿਸ਼ਨ ਦਾ ਮੁਖੀ ਥਾਪਿਆ ਗਿਆ ਸੀ। ਇਸ ਕਮਿਸ਼ਨ ਵੱਲੋਂ ਸਾਰੇ ਮਾਮਲਿਆਂ ਦੀ ਜਾਂਚ ਰਿਪੋਰਟ ਵਿਧਾਨ ਸਭਾ ਵਿੱਚ ਵਿਚਾਰਨ ਤੋਂ ਬਾਅਦ ਪੁਲੀਸ ਅਫਸਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਆਗੂਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ। ਸੁਰਜੀਤ ਸਿੰਘ ਦੀ ਮੌਤ ਨੂੰ ਅਕਾਲੀ ਦਲ ਖਾਸ ਕਰਕੇ ਸੁਖਬੀਰ ਸਿੰਘ ਬਾਦਲ ਵੱਲੋਂ ਵੱਡਾ ਮੁੱਦਾ ਬਣਾਇਆ ਗਿਆ ਹੈ। 
ਅਕਾਲੀ ਦਲ ਵੱਲੋਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਵੱਲ ਨਿਸ਼ਾਨਾ ਸੇਧਿਆ ਹੋਇਆ ਹੈ। ਅਕਾਲੀ ਦਲ ਨੇ ਦੋਹਾਂ ਕਾਂਗਰਸੀ ਆਗੂਆਂ ’ਤੇ ਸੁਰਜੀਤ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਲਾਉਂਦਿਆਂ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਹੁਣ ਇਸ ਸਬੰਧ ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਲਿਖੇ ਪੱਤਰ ਨਾਲ ਇਹ ਮਾਮਲਾ ਫਿਰ ਚਰਚਾ ਵਿੱਚ ਆ ਗਿਆ ਹੈ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।