ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

ਖਡੂਰ ਸਾਹਿਬ/ਏ.ਟੀ.ਨਿਊਜ਼: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਸਰ ਪਹੁੰਚ ਗਏ ਹਨ। ਇਸ ਤੋਂ ਬਾਅਦ ਪੁਲਿਸ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪੁੱਜ ਗਏ ਹਨ ਅਤੇ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਹੈ। ਇਸ ਮੌਕੇ ਪਿੰਡ ਅਤੇ ਘਰ ਦੇ ਆਸ-ਪਾਸ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਹੈ।
ਅੰਮ੍ਰਿਤਪਾਲ ਸਿੰਘ ਪੁਲਿਸ ਦੀ ਇੱਕ ਬਖਤਰ ਬੰਦ ਗੱਡੀ ਵਿੱਚ ਸੀ ਅਤੇ ਸੁਰੱਖਿਆ ਕਰਮਚਾਰੀ ਉਸ ਦੇ ਨਾਲ ਸਨ।
ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਹੈ। ਸੰਗਤ ਵੱਡੀ ਗਿਣਤੀ ਵਿੱਚ ਪੁੱਜ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਸਕਾਰ ਸਮਾਗਮ ਸਬੰਧੀ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ। ਸੰਗਤ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਚਾਰ ਥਾਵਾਂ ਤੇ ਪਾਰਕਿੰਗ ਸਟੈਂਡ ਬਣਾਏ ਗਏ ਹਨ। ਲਗਭਗ ਪੰਜ ਏਕੜ ਰਕਬੇ ਵਿੱਚ ਸਸਕਾਰ ਵਾਸਤੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਵੱਲੋਂ ਵੀ ਸਮੁੱਚੇ ਰਸਤੇ ਵਿੱਚ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਥਾਂ -ਥਾਂ ਤੇ ਨਾਕੇ ਲਾਏ ਗਏ ਹਨ।
ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ ’ਤੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲਿਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ, ਜਿੱਥੋਂ ਹਵਾਈ ਜਹਾਜ਼ ਰਾਹੀਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਰਾਜਾਸਾਂਸੀ) ਅੰਮ੍ਰਿਤਸਰ ਲਿਆਂਦਾ ਗਿਆ। ਤੈਅ ਪ੍ਰਬੰਧਾਂ ਅਨੁਸਾਰ, ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਲੰਮੇ ਸਮੇਂ ਤੋਂ ਉਡੀਕ ਕਰ ਰਿਹਾ ਸੀ ਕਿ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਵੀ ਉਨ੍ਹਾਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਵਿਚਾਲੇ ਢੁਕਵੀਆਂ ਹਵਾਈ ਉਡਾਣਾਂ ਤੇ ਆਵਾਜਾਈ ਦੇ ਸਾਧਨ ਉਪਲਬਧ ਨਾ ਹੋਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ ਸੀ।
ਇਸ ਤੋਂ ਬਾਅਦ ਪੰਜਾਬ ਦੀ ਅਦਾਲਤ ਵੱਲੋਂ 17 ਨਵੰਬਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਤਹਿਤ ਇਹ ਹਿਰਾਸਤੀ ਪੈਰੋਲ ਲਾਗੂ ਕੀਤੀ ਗਈ ਹੈ।