ਪੰਜਾਬ ਦੀ ਪਰਾਲੀ ਨੇ ਦਿੱਲੀ ’ਚ ਫੈਲਾਇਆ ਪ੍ਰਦੂਸ਼ਣ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ/ਏ.ਟੀ.ਨਿਊਜ਼ : ਦਿੱਲੀ ਸਰਕਾਰ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਪੰਜਾਬ ਪੁਲਿਸ ਦੀ ਮਿਲੀਭੁਗਤ ਨਾਲ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ। ਪਰਾਲੀ ਦੇ ਇਸ ਧੂੰਏਂ ਕਾਰਨ ਦਿੱਲੀ ਵਿੱਚ ਪ੍ਰਦੂਸ਼ਨ ਫੈਲਿਆ ਹੈ। ਨਵੀਂ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ’ਤੇ ਸਵਾਲ ਉਠਾਉਂਦੇ ਹੋਏ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਝੂਠ ਅਤੇ ਧੋਖੇ ’ਤੇ ਅਧਾਰਿਤ ਹੈ। ਉਨ੍ਹਾਂ ਨੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ 75 ਸਾਲਾਂ ਵਿੱਚ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੇ ਅਹੁਦੇ ’ਤੇ ਕਿਸੇ ਵੀ ਗ਼ੈਰ-ਪੰਜਾਬੀ, ਗ਼ੈਰ-ਆਈ.ਏ.ਐਸ. ਅਧਿਕਾਰੀ ਜਾਂ ਤਕਨੀਕੀ ਮਾਹਰ ਨੂੰ ਨਿਯੁਕਤ ਨਹੀਂ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ਆਪਣੇ ਇੱਕ ਰਾਜਨੀਤਿਕ ਬੁਲਾਰੇ ਨੂੰ ਲਿਆਂਦਾ ਅਤੇ ਉਸਨੂੰ ਇਸ ਮਹੱਤਵਪੂਰਨ ਅਹੁਦੇ ’ਤੇ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਨਿਯੁਕਤ ਵਿਅਕਤੀ ਦੇ ਅਰਵਿੰਦ ਕੇਜਰੀਵਾਲ ਨਾਲ ਨੇੜਲੇ ਪਰਿਵਾਰਕ ਸਬੰਧ ਹਨ। ਸਿਰਸਾ ਨੇ ਇਸ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੰਮਕਾਜ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ, ਦਿੱਲੀ ਸਰਕਾਰ ਨੇ ਪਿਛਲੇ ਸਾਲ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕਈ ਕਦਮ ਚੁੱਕੇ ਹਨ। ਇਸ ਸਾਲ, ਦਿੱਲੀ ਵਿੱਚ 220 ਦਿਨ ਸਾਫ਼ ਹਵਾ ਦਰਜ ਕੀਤੀ ਗਈ, ਜੋ ਕਿ ਪਿਛਲੇ ਦਹਾਕੇ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਨੇ ਅਕਤੂਬਰ 2026 ਨੂੰ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਸਾਫ਼ ਅਕਤੂਬਰ ਦੱਸਿਆ, ਨਾਲ ਹੀ ਕਿਹਾ ਕਿ ਇਸ ਸਾਲ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ ਵੀ ਪਿਛਲੇ ਦਹਾਕੇ ਵਿੱਚ ਸਭ ਤੋਂ ਘੱਟ ਸੀ। ਉਨ੍ਹਾਂ ਦੇ ਅਨੁਸਾਰ, ਪਿਛਲੇ ਸਾਲਾਂ ਦੇ ਮੁਕਾਬਲੇ ਲਗਭਗ 10 ਪ੍ਰਤੀਸ਼ਤ ਦਾ ਸੁਧਾਰ ਹੋਇਆ ਹੈ। ਸਿਰਸਾ ਨੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਬਾਰੇ ਵੀ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀਆਂ 1,000 ਤੋਂ ਵੱਧ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਾੜਨ ਦੌਰਾਨ ਕੁਝ ਥਾਵਾਂ ’ਤੇ ਪੰਜਾਬ ਪੁਲਿਸ ਦੇ ਕਰਮਚਾਰੀ ਮੌਜੂਦ ਸਨ, ਅਤੇ ਪੁਲਿਸ ਅਤੇ ਸਰਕਾਰੀ ਅਧਿਕਾਰੀਆਂ ਦੀ ਭੂਮਿਕਾ ਵੀ ਸ਼ੱਕੀ ਹੈ। ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹੱਥ ਜੋੜ ਕੇ ਦਿੱਲੀ ਦੇ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ, ਦਿੱਲੀ ਦੀ ਹਾਲਤ ਵਿਗੜ ਗਈ ਸੀ, ਪਰ ਹੁਣ ਸ਼ਹਿਰ ਨੂੰ ਸਾਫ਼ ਅਤੇ ਬਿਹਤਰ ਸਥਿਤੀ ਵਿੱਚ ਬਹਾਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।











Comments (0)